ਰਾਮਕਲੀ ਮਹਲਾ ੧ ਸਿਧ ਗੋਸਟਿ
< ਸਤਿਗੁਰ ਪ੍ਰਸਾਦਿ ॥
ਸਿਧ ਸਭਾ ਕਰਿ ਆਸਣਿ ਬੈਠੇ ਸੰਤ ਸਭਾ ਜੈਕਾਰੋ ॥
ਤਿਸੁ ਆਗੈ ਰਹਰਾਸਿ ਹਮਾਰੀ ਸਾਚਾ ਅਪਰ ਅਪਾਰੋ ॥
ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥
ਨਾਨਕ ਸੰਤੁ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ ॥੧॥
(ਸਾਡੀ) ਨਮਸਕਾਰ ਉਹਨਾਂ ਸੰਤਾਂ ਦੀ ਸਭਾ ਨੂੰ ਹੈ ਜੋ ‘ਰੱਬੀ ਮਜਲਸ’ (ਸਤਸੰਗ) ਬਣਾ ਕੇ ਅਡੋਲ ਬੈਠੇ ਹਨ; ਸਾਡੀ ਅਰਦਾਸ ਉਸ ਸੰਤ-ਸਭਾ ਅੱਗੇ ਹੈ ਜਿਸ ਵਿਚ ਸਦਾ ਕਾਇਮ ਰਹਿਣ ਵਾਲਾ ਅਪਰ ਅਪਾਰ ਪ੍ਰਭੂ (ਪ੍ਰਤੱਖ ਵੱਸਦਾ) ਹੈ । ਮੈਂ ਉਸ ਸੰਤ-ਸਭਾ ਅੱਗੇ ਸਿਰ ਕੱਟ ਕੇ ਧਰ ਦਿਆਂ, ਤਨ ਤੇ ਮਨ ਭੇਟਾ ਰੱਖ ਦਿਆਂ (ਤਾਕਿ) ਸੁਖੈਨ ਹੀ ਪ੍ਰਭੂ ਦੇ ਗੁਣ ਗਾ ਸਕਾਂ; (ਕਿਉਂਕਿ) ਹੇ ਨਾਨਕ! ਸੰਤ ਮਿਲ ਪਏ ਤਾਂ ਰੱਬ ਮਿਲ ਪੈਂਦਾ ਹੈ ।੧।
ਕਿਆ ਭਵੀਐ ਸਚਿ ਸੂਚਾ ਹੋਇ ॥
ਸਾਚ ਸਬਦ ਬਿਨੁ ਮੁਕਤਿ ਨ ਕੋਇ ॥੧॥
ਰਹਾਉ ॥
(ਹੇ ਚਰਪਟ! ਦੇਸ-ਦੇਸਾਂਤਰਾਂ ਅਤੇ ਤੀਰਥਾਂ ਤੇ) ਭੌਣ ਦਾ ਕੀਹ ਲਾਭ? ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਜੁੜਿਆਂ ਹੀ ਪਵਿਤ੍ਰ ਹੋਈਦਾ ਹੈ; (ਸਤਿਗੁਰੂ ਦੇ) ਸੱਚੇ ਸ਼ਬਦ ਤੋਂ ਬਿਨਾ (“ਦੁਨੀਆ ਸਾਗਰ ਦੁਤਰ ਤੋਂ”) ਖ਼ਲਾਸੀ ਨਹੀਂ ਹੁੰਦੀ ।੧।ਰਹਾਉ।
ਕਵਨ ਤੁਮੇ ਕਿਆ ਨਾਉ ਤੁਮਾਰਾ ਕਉਨੁ ਮਾਰਗੁ ਕਉਨੁ ਸੁਆਓ ॥
ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥
ਕਹ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋ ॥
ਨਾਨਕੁ ਬੋਲੈ ਸੁਣਿ ਬੈਰਾਗੀ ਕਿਆ ਤੁਮਾਰਾ ਰਾਹੋ ॥੨॥
(ਚਰਪਟ ਜੋਗੀ ਨੇ ਪੁੱਛਿਆ—) ਤੁਸੀ ਕੌਣ ਹੋ? ਤੁਹਾਡਾ ਕੀਹ ਨਾਮ ਹੈ? ਤੁਹਾਡਾ ਕੀਹ ਮਤ ਹੈ? (ਉਸ ਮਤ ਦਾ) ਕੀਹ ਮਨੋਰਥ ਹੈ? (ਗੁਰੂ ਨਾਨਕ ਦੇਵ ਜੀ ਦਾ ਉੱਤਰ—) ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਜਪਦਾ ਹਾਂ, ਸਾਡੀ (ਪ੍ਰਭੂ ਅਗੇ ਹੀ ਸਦਾ) ਅਰਦਾਸਿ ਹੈ ਤੇ ਮੈਂ ਸੰਤ ਜਨਾਂ ਤੋਂ ਸਦਕੇ ਜਾਂਦਾ ਹਾਂ (ਬੱਸ! ਇਹ ਮੇਰਾ ਮਤ ਹੈ) । (ਨਾਨਕ ਆਖਦਾ ਹੈ—ਚਰਪਟ ਨੇ ਪੁੱਛਿਆ—) ਹੇ ਬਾਲਕ! ਤੁਸੀ ਕਿਸ ਦੇ ਆਸਰੇ ਸ਼ਾਂਤ-ਚਿੱਤ ਹੋ? ਤੁਹਾਡੀ ਸੁਰਤਿ ਕਿਸ ਵਿਚ ਜੁੜਦੀ ਹੈ? ਕਿੱਥੋਂ ਆਉਂਦੇ ਹੋ? ਕਿੱਥੇ ਜਾਂਦੇ ਹੋ? ਹੇ ਸੰਤ! ਸੁਣ, ਤੇਰਾ ਕੀਹ ਮਤ ਹੈ? ।੨।
ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ ॥
ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥
ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥
ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥੩॥
(ਸਤਿਗੁਰੂ ਜੀ ਦਾ ਉੱਤਰ—) (ਹੇ ਚਰਪਟ!) ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਜੁੜ ਕੇ ਸਦਾ ਸ਼ਾਂਤ-ਚਿੱਤ ਰਹੀਦਾ ਹੈ । ਅਸੀ ਸਤਿਗੁਰੂ ਦੀ ਮਰਜ਼ੀ ਵਿਚ ਚੱਲਦੇ ਹਾਂ । ਹੇ ਨਾਨਕ! (ਆਖ—) ਪ੍ਰਭੂ ਦੇ ਹੁਕਮ ਵਿਚ ਸੁਤੇ ਹੀ (ਜਗਤ ਵਿਚ) ਆਏ, ਹੁਕਮ ਵਿਚ ਵਿਚਰ ਰਹੇ ਹਾਂ, ਸਦਾ ਉਸ ਦੀ ਰਜ਼ਾ ਵਿਚ ਹੀ ਰਹਿੰਦੇ ਹਾਂ । (ਪੱਕੇ) ਆਸਣ ਵਾਲਾ, (ਸਦਾ) ਟਿਕੇ ਰਹਿਣ ਵਾਲਾ ਤੇ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਹੈ, ਅਸਾਂ ਇਹੀ ਗੁਰ-ਸਿੱਖਿਆ ਲਈ ਹੈ । ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਗਿਆਨਵਾਨ ਹੋ ਜਾਂਦਾ ਹੈ, ਆਪਣੇ ਆਪ ਨੂੰ ਪਛਾਣਦਾ ਹੈ, ਤੇ, ਸਦਾ ਸੱਚੇ ਪ੍ਰਭੂ ਵਿਚ ਜੁੜਿਆ ਰਹਿੰਦਾ ਹੈ ।੩।
ਦੁਨੀਆ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ ॥
ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥
ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥
ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ ॥੪॥
ਚਰਪਟ ਆਖਦਾ ਹੈ (ਭਾਵ, ਚਰਪਟ ਨੇ ਆਖਿਆ)—ਜਗਤ (ਇਕ ਐਸਾ) ਸਮੁੰਦਰ ਕਿਹਾ ਜਾਂਦਾ ਹੈ ਜਿਸ ਨੂੰ ਤਰਨਾ ਔਖਾ ਹੈ, ਹੇ ਵਿਰਕਤ ਨਾਨਕ! ਠੀਕ ਵਿਚਾਰ ਦੱਸ ਕਿ (ਇਸ ਸਮੁੰਦਰ ਦਾ) ਪਾਰਲਾ ਕੰਢਾ ਕਿਵੇਂ ਲੱਭੇ । ਉੱਤਰ:- (ਜੋ ਮਨੁੱਖ ਜੋ ਕੁਝ) ਆਪ ਆਖਦਾ ਹੈ ਤੇ ਆਪ ਹੀ (ਉਸ ਨੂੰ) ਸਮਝਦਾ (ਭੀ) ਹੈ ਉਸ ਨੂੰ (ਉਸ ਦੇ ਪ੍ਰਸ਼ਨ ਦਾ) ਉੱਤਰ ਦੇਣ ਦੀ ਲੋੜ ਨਹੀਂ ਹੁੰਦੀ; (ਇਸ ਵਾਸਤੇ, ਹੇ ਚਰਪਟ!) ਤੇਰੇ (ਪ੍ਰਸ਼ਨ) ਵਿਚ ਕੋਈ ਉਕਾਈ ਲੱਭਣ ਦੀ ਲੋੜ ਨਹੀਂ, (ਉਂਝ ਉੱਤਰ ਇਹ ਹੈ ਕਿ) ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਜਪੋ ਤਾਂ ਤੁਸੀਂ (ਇਸ ‘ਦੁਤਰੁ ਸਾਗਰੁ’ ਤੋਂ) ਪਾਰ ਲੰਘ ਜਾਉਗੇ ।੪।
ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥
ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥
ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥
ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥੫॥
ਜਿਵੇਂ ਪਾਣੀ ਵਿਚ (ਉੱਗਿਆ ਹੋਇਆ) ਕੌਲ ਫੁੱਲ (ਪਾਣੀ ਨਾਲੋਂ) ਨਿਰਾਲਾ ਰਹਿੰਦਾ ਹੈ, ਜਿਵੇਂ ਨਦੀ ਵਿਚ (ਤਰਦੀ) ਮੁਰਗਾਈ (ਭਾਵ, ਉਸ ਦੇ ਖੰਭ ਪਾਣੀ ਨਾਲ ਨਹੀਂ ਭਿੱਜਦੇ, ਇਸੇ ਤਰ੍ਹਾਂ) ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਸੁਰਤਿ (ਜੋੜ ਕੇ) ਨਾਮ ਜਪਿਆਂ ਸੰਸਾਰ-ਸਮੁੰਦਰ ਤਰ ਸਕੀਦਾ ਹੈ । (ਜੋ ਮਨੁੱਖ ਸੰਸਾਰ ਦੀਆਂ) ਆਸਾਂ ਵਲੋਂ ਨਿਰਾਸ ਰਹਿੰਦੇ ਹਨ, ਜਿਨ੍ਹਾਂ ਦੇ ਮਨ ਵਿਚ ਇਕ ਪ੍ਰਭੂ ਹੀ ਵੱਸਦਾ ਹੈ (ਉਹ ਸੰਸਾਰ ਵਿਚ ਰਹਿੰਦੇ ਹੋਏ ਭੀ ਸੰਸਾਰ ਤੋਂ ਲਾਂਭੇ) ਇਕਾਂਤ ਵਿਚ ਵੱਸਦੇ ਹਨ । (ਅਜੇਹੇ ਜੀਵਨ ਵਾਲਾ ਜੋ ਮਨੁੱਖ) ਅਗੰਮ ਤੇ ਅਗੋਚਰ ਪ੍ਰਭੂ ਦਾ ਦਰਸ਼ਨ ਕਰ ਕੇ ਹੋਰਨਾਂ ਨੂੰ ਦਰਸ਼ਨ ਕਰਾਂਦਾ ਹੈ, ਨਾਨਕ ਉਸ ਦਾ ਦਾਸ ਹੈ ।੫।
ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਚੁ ਬੀਚਾਰੋ ॥
ਰੋਸੁ ਨ ਕੀਜੈ ਉਤਰੁ ਦੀਜੈ ਕਿਉ ਪਾਈਐ ਗੁਰ ਦੁਆਰੋ ॥
ਇਹੁ ਮਨੁ ਚਲਤਉ ਸਚ ਘਰਿ ਬੈਸੈ ਨਾਨਕ ਨਾਮੁ ਅਧਾਰੋ ॥
ਆਪੇ ਮੇਲਿ ਮਿਲਾਏ ਕਰਤਾ ਲਾਗੈ ਸਾਚਿ ਪਿਆਰੋ ॥੬॥
(ਚਰਪਟ ਦਾ ਪ੍ਰਸ਼ਨ:) ਹੇ ਸੁਆਮੀ! ਮੇਰੀ ਬੇਨਤੀ ਸੁਣ, ਮੈਂ ਸਹੀ ਵਿਚਾਰ ਪੁੱਛਦਾ ਹਾਂ; ਗੁੱਸਾ ਨਾਹ ਕਰਨਾ, ਉੱਤਰ ਦੇਣਾ ਕਿ ਗੁਰੂ ਦਾ ਦਰ ਕਿਵੇਂ ਪ੍ਰਾਪਤ ਹੁੰਦਾ ਹੈ? (ਭਾਵ, ਕਿਵੇਂ ਪਤਾ ਲੱਗੇ ਕਿ ਗੁਰੂ ਦਾ ਦਰ ਪ੍ਰਾਪਤ ਹੋ ਗਿਆ ਹੈ)? (ਉੱਤਰ:) (ਜਦੋਂ ਸੱਚ-ਮੁਚ ਗੁਰੂ ਦਾ ਦਰ ਪ੍ਰਾਪਤ ਹੋ ਜਾਂਦਾ ਹੈ ਤਦੋਂ) ਹੇ ਨਾਨਕ! ਇਹ ਚੰਚਲ ਮਨ ਪ੍ਰਭੂ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ, (ਪ੍ਰਭੂ ਦਾ) ਨਾਮ (ਜ਼ਿੰਦਗੀ ਦਾ) ਆਸਰਾ ਹੋ ਜਾਂਦਾ ਹੈ । (ਪਰ ਇਹੋ ਜਿਹਾ) ਪਿਆਰ ਸੱਚੇ ਪ੍ਰਭੂ ਵਿਚ (ਤਦੋਂ ਹੀ) ਲੱਗਦਾ ਹੈ (ਜਦੋਂ) ਕਰਤਾਰ ਆਪ (ਜੀਵ ਨੂੰ) ਆਪਣੀ ਯਾਦ ਵਿਚ ਜੋੜ ਲੈਂਦਾ ਹੈ ।੬।
ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥
ਕੰਦ ਮੂਲੁ ਅਹਾਰੋ ਖਾਈਐ ਅਉਧੂ ਬੋਲੈ ਗਿਆਨੇ ॥
ਤੀਰਥਿ ਨਾਈਐ ਸੁਖੁ ਫਲੁ ਪਾਈਐ ਮੈਲੁ ਨ ਲਾਗੈ ਕਾਈ ॥
ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਈ ॥੭॥
ਜੋਗੀ ਨੇ (ਜੋਗ ਦਾ) ਗਿਆਨ-ਮਾਰਗ ਇਉਂ ਦੱਸਿਆ—ਅਸੀ (ਦੁਨੀਆ ਦੇ) ਮੇਲਿਆਂ-ਮਸਾਧਿਆਂ (ਭਾਵ, ਸੰਸਾਰਕ ਝੰਬੇਲਿਆਂ) ਤੋਂ ਵੱਖਰੇ ਜੰਗਲ ਵਿਚ ਕਿਸੇ ਰੁੱਖ-ਬਿਰਖ ਹੇਠ ਰਹਿੰਦੇ ਹਾਂ ਤੇ ਗਾਜਰ-ਮੂਲੀ ਉਤੇ ਗੁਜ਼ਾਰਾ ਕਰਦੇ ਹਾਂ; ਤੀਰਥ ਤੇ ਇਸ਼ਨਾਨ ਕਰਦੇ ਹਾਂ; ਇਸ ਦਾ ਫਲ ਮਿਲਦਾ ਹੈ ‘ਸੁਖ’, ਤੇ (ਮਨ ਨੂੰ) ਕੋਈ ਮੈਲ (ਭੀ) ਨਹੀਂ ਲੱਗਦੀ । ਗੋਰਖਨਾਥ ਦਾ ਚੇਲਾ ਲੋਹਾਰੀਪਾ ਬੋਲਿਆ ਕਿ ਇਹੀ ਹੈ ਜੋਗ ਦੀ ਜੁਗਤੀ, ਜੋਗ ਦੀ ਵਿਧੀ ।੭।
ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਡ?ਲਾਈ ॥
ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੂਖ ਨ ਜਾਈ ॥
ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਹਜੇ ਸਚੁ ਵਾਪਾਰੋ ॥
ਖੰਡਿਤ ਨਿਦ੍ਰਾ ਅਲਪ ਅਹਾਰੰ ਨਾਨਕ ਤਤੁ ਬੀਚਾਰੋ ॥੮॥
ਹੇ ਨਾਨਕ! ਅਸਲ (ਗਿਆਨ ਦੀ) ਵਿਚਾਰ ਇਹ ਹੈ ਕਿ ਦੁਨੀਆ ਦੇ ਧੰਧਿਆਂ ਵਿਚ ਰਹਿੰਦਿਆਂ ਮਨੁੱਖ ਨੂੰ ਨੀਂਦ ਨਾਹ ਆਵੇ (ਭਾਵ, ਧੰਧਿਆਂ ਵਿਚ ਹੀ ਨਾਹ ਗ਼ਰਕ ਹੋ ਜਾਏ), ਪਰਾਏ ਘਰ ਵਿਚ ਮਨ ਨੂੰ ਡੋਲਣ ਨਾਹ ਦੇਵੇ; (ਪਰ) ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਬਿਨਾ ਮਨ ਟਿਕ ਕੇ ਨਹੀਂ ਰਹਿ ਸਕਦਾ ਤੇ (ਮਾਇਆ ਦੀ) ਤ੍ਰਿਸ਼ਨਾ ਹਟਦੀ ਨਹੀਂ । (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਨਾਮ ਵਿਹਾਝਣ ਦਾ ਅਸਲ) ਟਿਕਾਣਾ, ਸ਼ਹਿਰ ਤੇ ਘਰ ਵਿਖਾ ਦਿੱਤਾ ਹੈ ਉਹ (ਦੁਨੀਆ ਦੇ ਧੰਧਿਆਂ ਵਿਚ ਭੀ) ਅਡੋਲ ਰਹਿ ਕੇ ‘ਨਾਮ’ ਵਿਹਾਝਦਾ ਹੈ; ਉਸ ਮਨੁੱਖ ਦੀ ਨੀਂਦ ਭੀ ਘੱਟ ਤੇ ਖ਼ੁਰਾਕ ਭੀ ਥੋੜ੍ਹੀ ਹੁੰਦੀ ਹੈ । (ਭਾਵ, ਉਹ ਚਸਕਿਆਂ ਵਿਚ ਨਹੀਂ ਪੈਂਦਾ) ।੮।
ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥
ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ ॥
ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁੜਿ ਚੋਟ ਨ ਖਾਈਐ ॥
ਨਾਨਕੁ ਬੋਲੈ ਗੁਰਮੁਖਿ ਬੂਝੈ ਜੋਗ ਜੁਗਤਿ ਇਵ ਪਾਈਐ ॥੯॥
ਨਾਨਕ ਆਖਦਾ ਹੈ (ਕਿ ਜੋਗੀ ਨੇ ਕਿਹਾ—) ਹੇ ਪੁਰਖ (ਨਾਨਕ)! ਛੇ ਭੇਖਾਂ ਵਿਚ ਇਕ ਜੋਗੀ ਪੰਥ ਹੈ, ਉਸ ਦੇ ਬਾਰਾਂ ਫ਼ਿਰਕੇ ਹਨ, ਉਹਨਾਂ ਵਿਚੋਂ ਸਾਡੇ ‘ਆਈ ਪੰਥ’ ਨੂੰ ਧਾਰਨ ਕਰੋ, ਜੋਗੀਆਂ ਦੇ ਇਸ ਵੱਡੇ ਭੇਖ ਦਾ ਮਤ ਸ੍ਵੀਕਾਰ ਕਰੋ, ਮੁੰਦ੍ਰਾ, ਝੋਲੀ ਤੇ ਗੋਦੜੀ ਪਹਿਨੋ । ਹੇ ਪੁਰਖਾ! ਇਸ ਤਰ੍ਹਾਂ ਮਨ ਨੂੰ ਅਕਲ ਦਿੱਤੀ ਜਾ ਸਕਦੀ ਹੈ ਤੇ ਮੁੜ (ਮਾਇਆ ਦੀ) ਚੋਟ ਨਹੀਂ ਖਾਈਦੀ । (ਉੱਤਰ:) ਨਾਨਕ ਆਖਦਾ ਹੈ—ਗੁਰੂ ਦੇ ਸਨਮੁਖ ਹੋਇਆਂ ਮਨੁੱਖ (ਮਨ ਨੂੰ ਸਮਝਾਣ ਦਾ ਢੰਗ) ਸਮਝਦਾ ਹੈ, ਜੋਗ ਦੀ ਜੁਗਤਿ ਇਸ ਤਰ੍ਹਾਂ ਲੱਭਦੀ ਹੈ (ਕਿ), ।੯।
ਅੰਤਰਿ ਸਬਦੁ ਨਿਰੰਤਰਿ ਮੁਦ੍ਰਾ ਹਉਮੈ ਮਮਤਾ ਦੂਰਿ ਕਰੀ ॥
ਕਾਮੁ ਕ੍ਰੋਧੁ ਅਹੰਕਾਰੁ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥
ਖਿੰਥਾ ਝੋਲੀ ਭਰਿਪੁਰਿ ਰਹਿਆ ਨਾਨਕ ਤਾਰੈ ਏਕੁ ਹਰੀ ॥
ਸਾਚਾ ਸਾਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ ਖਰੀ ॥੧੦॥
ਮਨ ਵਿਚ ਸਤਿਗੁਰੂ ਦੇ ਸ਼ਬਦ ਨੂੰ ਇੱਕ-ਰਸ ਵਸਾਣਾ—ਇਹ (ਕੰਨਾਂ ਵਿਚ) ਮੁੰਦ੍ਰਾਂ (ਪਾਉਣੀਆਂ) ਹਨ, (ਜੋ ਮਨੁੱਖ ਗੁਰ-ਸ਼ਬਦ ਨੂੰ ਵਸਾਂਦਾ ਹੈ ਉਹ) ਆਪਣੀ ਹਉਮੈ ਅਤੇ ਮਮਤਾ ਨੂੰ ਦੂਰ ਕਰ ਲੈਂਦਾ ਹੈ; ਕਾਮ, ਕ੍ਰੋਧ ਅਤੇ ਅਹੰਕਾਰ ਨੂੰ ਮਿਟਾ ਲੈਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਸੋਹਣੀ ਸੂਝ ਪੈ ਜਾਂਦੀ ਹੈ । ਹੇ ਨਾਨਕ! ਪ੍ਰਭੂ ਨੂੰ ਸਭ ਥਾਈਂ ਵਿਆਪਕ ਸਮਝਣਾ ਉਸ ਮਨੁੱਖ ਦੀ ਗੋਦੜੀ ਤੇ ਝੋਲੀ ਹੈ । ਸਤਿਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ ਉਹ ਮਨੁੱਖ ਇਹ ਨਿਰਨਾ ਕਰ ਲੈਂਦਾ ਹੈ ਕਿ ਇਕ ਪਰਮਾਤਮਾ ਹੀ (ਮਾਇਆ ਦੀ ਚੋਟ ਤੋਂ) ਬਚਾਂਦਾ ਹੈ ਜੋ ਸਦਾ ਕਾਇਮ ਰਹਿਣ ਵਾਲਾ ਮਾਲਕ ਹੈ ਤੇ ਜਿਸ ਦੀ ਵਡਿਆਈ ਭੀ ਸਦਾ ਟਿਕੀ ਰਹਿਣ ਵਾਲੀ ਹੈ ।੧੦।
ਊਂਧਉ ਖਪਰੁ ਪੰਚ ਭੂ ਟੋਪੀ ॥
ਕਾਂਇਆ ਕੜਾਸਣੁ ਮਨੁ ਜਾਗੋਟੀ ॥
ਸਤੁ ਸੰਤੋਖੁ ਸੰਜਮੁ ਹੈ ਨਾਲਿ ॥
ਨਾਨਕ ਗੁਰਮੁਖਿ ਨਾਮੁ ਸਮਾਲਿ ॥੧੧॥
ਹੇ ਨਾਨਕ! (ਜੋ ਮਨੁੱਖ) ਗੁਰੂ ਦੀ ਰਾਹੀਂ (ਪ੍ਰਭੂ ਦਾ) ਨਾਮ ਯਾਦ ਕਰਦਾ ਹੈ, ਸੰਸਾਰਕ ਖ਼ਾਹਸ਼ਾਂ ਵਲੋਂ ਮੁੜੀ ਹੋਈ ਸੁਰਤਿ ਉਸ ਦਾ ਖੱਪਰ ਹੈ, ਪੰਜ ਤੱਤਾਂ ਦੇ ਦੈਵੀ ਗੁਣ ਉਸ ਦੀ ਟੋਪੀ ਹੈ, ਸਰੀਰ (ਨੂੰ ਵਿਕਾਰਾਂ ਤੋਂ ਨਿਰਮਲ ਰੱਖਣਾ) ਉਸ ਦਾ ਦੱਭ ਦਾ ਆਸਣ ਹੈ, (ਵੱਸ ਵਿਚ ਆਇਆ ਹੋਇਆ) ਮਨ ਉਸ ਦੀ ਲੰਗੋਟੀ ਹੈ, ਸਤ ਸੰਤੋਖ ਤੇ ਸੰਜਮ ਉਸ ਦੇ ਨਾਲ (ਤਿੰਨ ਚੇਲੇ) ਹਨ ।੧੧।
ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥
ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥
ਕਵਨੁ ਸੁ ਆਵੈ ਕਵਨੁ ਸੁ ਜਾਇ ॥
ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥੧੨॥
(ਪ੍ਰਸ਼ਨ:) ਲੁਕਿਆ ਹੋਇਆ ਕੌਣ ਹੈ? ਉਹ ਕੌਣ ਹੈ ਜੋ ਮੁਕਤ ਹੈ? ਉਹ ਕੌਣ ਹੈ ਜੋ ਅੰਦਰੋਂ ਬਾਹਰੋਂ (ਭਾਵ, ਜਿਸ ਦਾ ਮਨ ਭੀ ਤੇ ਸਰੀਰਕ ਇੰਦ੍ਰੇ ਭੀ ਮਿਲੇ ਹੋਏ ਹਨ) ਮਿਲਿਆ ਹੋਇਆ ਹੈ? (ਸਦਾ) ਜੰਮਦਾ ਮਰਦਾ ਕੌਣ ਹੈ? ਤ੍ਰਿਲੋਕੀ ਦੇ ਨਾਥ ਵਿਚ ਲੀਨ ਕੌਣ ਹੈ? ।੧੨।
ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥
ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥
ਮਨਮੁਖਿ ਬਿਨਸੈ ਆਵੈ ਜਾਇ ॥
ਨਾਨਕ ਗੁਰਮੁਖਿ ਸਾਚਿ ਸਮਾਇ ॥੧੩॥
(ਉੱਤਰ:) ਜੋ (ਪ੍ਰਭੂ) ਹਰੇਕ ਸਰੀਰ ਵਿਚ ਮੌਜੂਦ ਹੈ ਉਹ ਗੁਪਤ ਹੈ; ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ (ਮਾਇਆ ਦੇ ਬੰਧਨਾਂ ਤੋਂ) ਮੁਕਤ ਹੈ । ਜੋ ਮਨੁੱਖ ਗੁਰ-ਸ਼ਬਦ ਵਿਚ ਜੁੜਿਆ ਹੈ ਉਹ ਮਨ ਤੇ ਤਨ ਕਰ ਕੇ (ਪ੍ਰਭੂ ਵਿਚ) ਜੁੜਿਆ ਹੋਇਆ ਹੈ । ਮਨ ਦੇ ਪਿਛੇ ਤੁਰਨ ਵਾਲਾ ਮਨੁੱਖ ਜੰਮਦਾ ਮਰਦਾ ਰਹਿੰਦਾ ਹੈ । ਹੇ ਨਾਨਕ! ਗੁਰਮੁਖ ਮਨੁੱਖ ਸੱਚੇ ਪ੍ਰਭੂ ਵਿਚ ਲੀਨ ਰਹਿੰਦਾ ਹੈ ।੧੩।
ਕਿਉ ਕਰਿ ਬਾਧਾ ਸਰਪਨਿ ਖਾਧਾ ॥
ਕਿਉ ਕਰਿ ਖੋਇਆ ਕਿਉ ਕਰਿ ਲਾਧਾ ॥
ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ ॥
ਇਹੁ ਤਤੁ ਬੀਚਾਰੈ ਸੁ ਗੁਰੂ ਹਮਾਰਾ ॥੧੪॥
(ਪ੍ਰਸ਼ਨ:) (ਇਹ ਜੀਵ) ਕਿਵੇਂ (ਐਸਾ) ਬੱਝਾ ਪਿਆ ਹੈ ਕਿ ਸਪਣੀ (ਮਾਇਆ ਇਸ ਨੂੰ) ਖਾਈ ਜਾ ਰਹੀ ਹੈ (ਤੇ ਇਹ ਅੱਗੋਂ ਆਪਣੇ ਬਚਾ ਲਈ ਭੱਜ ਭੀ ਨਹੀਂ ਸਕਦਾ)? (ਇਸ ਜੀਵ ਨੇ) ਕਿਵੇਂ (ਆਪਣੇ ਜੀਵਨ ਦਾ ਲਾਭ) ਗੰਵਾ ਲਿਆ ਹੈ? ਕਿਵੇਂ (ਮੁੜ ਉਹ ਲਾਹਾ) ਲੱਭ ਸਕੇ? (ਇਹ ਜੀਵ) ਕਿਵੇਂ ਪਵਿਤ੍ਰ ਹੋ ਸਕੇ? ਕਿਵੇਂ (ਇਸ ਦੇ ਅੱਗੇ) ਹਨੇਰਾ (ਟਿਕਿਆ ਹੋਇਆ) ਹੈ? ਜੋ ਇਸ ਅਸਲੀਅਤ ਨੂੰ (ਠੀਕ ਤਰ੍ਹਾਂ) ਵਿਚਾਰੇ, ਸਾਡੀ ਉਸ ਨੂੰ ਨਮਸਕਾਰ ਹੈ ।੧੪।
ਦੁਰਮਤਿ ਬਾਧਾ ਸਰਪਨਿ ਖਾਧਾ ॥
ਮਨਮੁਖਿ ਖੋਇਆ ਗੁਰਮੁਖਿ ਲਾਧਾ ॥
ਸਤਿਗੁਰੁ ਮਿਲੈ ਅੰਧੇਰਾ ਜਾਇ ॥
ਨਾਨਕ ਹਉਮੈ ਮੇਟਿ ਸਮਾਇ ॥੧੫॥
(ਉੱਤਰ:) (ਇਹ ਜੀਵ) ਭੈੜੀ ਮਤਿ ਵਿਚ (ਇਉਂ) ਬੱਝਾ ਪਿਆ ਹੈ ਕਿ ਸਪਣੀ (ਮਾਇਆ ਇਸ ਨੂੰ) ਖਾਈ ਜਾ ਰਹੀ ਹੈ (ਤੇ ਇਹਨਾਂ ਚਸਕਿਆਂ ਵਿਚੋਂ ਇਸ ਦਾ ਨਿਕਲਣ ਨੂੰ ਜੀ ਨਹੀਂ ਕਰਦਾ); ਮਨ ਦੇ ਪਿੱਛੇ ਲੱਗਣ ਵਾਲੇ ਨੇ (ਜੀਵਨ ਦਾ ਲਾਹਾ) ਗਵਾ ਲਿਆ ਹੈ, ਤੇ, ਗੁਰੂ ਦੇ ਹੁਕਮ ਵਿਚ ਤੁਰਨ ਵਾਲੇ ਨੇ ਖੱਟ ਲਿਆ ਹੈ । (ਮਾਇਆ ਦੇ ਚਸਕਿਆਂ ਦਾ) ਹਨੇਰਾ ਤਾਂ ਹੀ ਦੂਰ ਹੁੰਦਾ ਹੈ ਜੇ ਸਤਿਗੁਰੂ ਮਿਲ ਪਏ (ਭਾਵ, ਜੇ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਨ ਲੱਗ ਪਏ) । ਹੇ ਨਾਨਕ! (ਮਨੁੱਖ) ਹਉਮੈ ਮਿਟਾ ਕੇ ਹੀ ਪ੍ਰਭੂ ਵਿਚ ਲੀਨ ਹੋ ਸਕਦਾ ਹੈ ।੧੫।
ਸੁੰਨ ਨਿਰੰਤਰਿ ਦੀਜੈ ਬੰਧੁ ॥
ਉਡੈ ਨ ਹੰਸਾ ਪੜੈ ਨ ਕੰਧੁ ॥
ਸਹਜ ਗੁਫਾ ਘਰੁ ਜਾਣੈ ਸਾਚਾ ॥
ਨਾਨਕ ਸਾਚੇ ਭਾਵੈ ਸਾਚਾ ॥੧੬॥
(ਜੇ ਮਾਇਆ ਦੇ ਹੱਲਿਆਂ ਦੇ ਰਾਹ ਵਿਚ) ਇਕ-ਰਸ ਅਫੁਰ ਪਰਮਾਤਮਾ (ਦੀ ਯਾਦ) ਦਾ ਇਕ ਅਤੁੱਟ ਬੰਨਾ ਬਣਾ ਦੇਈਏ, (ਤਾਂ ਫਿਰ ਮਾਇਆ ਦੀ ਖ਼ਾਤਰ) ਮਨ ਭਟਕਦਾ ਨਹੀਂ, ਤੇ ਸਰੀਰ ਭੀ ਛਿੱਜਦਾ ਨਹੀਂ (ਭਾਵ, ਸਰੀਰ ਦੀ ਸੱਤਿਆ ਨਾਸ ਨਹੀਂ ਹੁੰਦੀ) । ਹੇ ਨਾਨਕ! ਜੋ ਮਨੁੱਖ ਸਹਜ-ਅਵਸਥਾ ਦੀ ਗੁਫ਼ਾ ਨੂੰ ਆਪਣਾ ਸਦਾ ਟਿਕੇ ਰਹਿਣ ਦਾ ਘਰ ਸਮਝ ਲਏ (ਭਾਵ, ਜਿਸ ਮਨੁੱਖ ਦਾ ਮਨ ਸਦਾ ਅਡੋਲ ਰਹੇ), ਉਹ ਪਰਮਾਤਮਾ ਦਾ ਰੂਪ ਹੋ ਕੇ ਉਸ ਪ੍ਰਭੂ ਨੂੰ ਪਿਆਰਾ ਲੱਗਣ ਲਗ ਪੈਂਦਾ ਹੈ ।੧੬।
ਕਿਸੁ ਕਾਰਣਿ ਗ੍ਰਿਹੁ ਤਜਿਓ ਉਦਾਸੀ ॥
ਕਿਸੁ ਕਾਰਣਿ ਇਹੁ ਭੇਖੁ ਨਿਵਾਸੀ ॥
ਕਿਸੁ ਵਖਰ ਕੇ ਤੁਮ ਵਣਜਾਰੇ ॥
ਕਿਉ ਕਰਿ ਸਾਥੁ ਲੰਘਾਵਹੁ ਪਾਰੇ ॥੧੭॥
(ਪ੍ਰਸ਼ਨ:) (ਜੇ ‘ਹਾਟੀ ਬਾਟੀ’ ਨੂੰ ਤਿਆਗਣਾ ਨਹੀਂ, ਤਾਂ) ਤੁਸਾਂ ਕਿਉਂ ਘਰ ਛੱਡਿਆ ਸੀ ਤੇ ‘ਉਦਾਸੀ’ ਬਣੇ ਸੀ? ਕਿਉਂ ਇਹ (ਉਦਾਸੀ-) ਭੇਖ ਧਾਰਿਆ ਸੀ? ਤੁਸੀ ਕਿਸ ਸੌਦੇ ਦੇ ਵਪਾਰੀ ਹੋ? (ਆਪਣੇ ਸ਼ਰਧਾਲੂਆਂ ਦੀ) ਜਮਾਤ ਨੂੰ (ਇਸ ‘ਦੁਤਰ ਸਾਗਰ’ ਕਿਵੇਂ ਪਾਰ ਲੰਘਾਵੋਗੇ? (ਭਾਵ, ਆਪਣੇ ਸਿੱਖਾਂ ਨੂੰ ਇਸ ਸੰਸਾਰ ਤੋਂ ਪਾਰ ਲੰਘਣ ਲਈ ਤੁਸਾਂ ਕੇਹੜਾ ਰਾਹ ਦੱਸਿਆ ਹੈ)? ।੧੭।
ਗੁਰਮੁਖਿ ਖੋਜਤ ਭਏ ਉਦਾਸੀ ॥
ਦਰਸਨ ਕੈ ਤਾਈ ਭੇਖ ਨਿਵਾਸੀ ॥
ਸਾਚ ਵਖਰ ਕੇ ਹਮ ਵਣਜਾਰੇ ॥
ਨਾਨਕ ਗੁਰਮੁਖਿ ਉਤਰਸਿ ਪਾਰੇ ॥੧੮॥
(ਉੱਤਰ:) ਅਸੀ ਗੁਰਮੁਖਾਂ ਨੂੰ ਲੱਭਣ ਵਾਸਤੇ ਉਦਾਸੀ ਬਣੇ ਸਾਂ, ਅਸਾਂ ਗੁਰਮੁਖਾਂ ਦੇ ਦਰਸ਼ਨਾਂ ਲਈ (ਉਦਾਸੀ-) ਭੇਖ ਧਾਰਿਆ ਸੀ । ਅਸੀ ਸੱਚੇ ਪ੍ਰਭੂ ਦੇ ਨਾਮ-ਸੌਦੇ ਦੇ ਵਪਾਰੀ ਹਾਂ । ਹੇ ਨਾਨਕ! ਜੋ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ ਉਹ (‘ਦੁਤਰ ਸਾਗਰ’ ਤੋਂ) ਪਾਰ ਲੰਘਦਾ ਹੈ ।੧੮।
ਕਿਤੁ ਬਿਧਿ ਪੁਰਖਾ ਜਨਮੁ ਵਟਾਇਆ ॥
ਕਾਹੇ ਕਉ ਤੁਝੁ ਇਹੁ ਮਨੁ ਲਾਇਆ ॥
ਕਿਤੁ ਬਿਧਿ ਆਸਾ ਮਨਸਾ ਖਾਈ ॥
ਕਿਤੁ ਬਿਧਿ ਜੋਤਿ ਨਿਰੰਤਰਿ ਪਾਈ ॥
ਬਿਨੁ ਦੰਤਾ ਕਿਉ ਖਾਈਐ ਸਾਰੁ ॥
ਨਾਨਕ ਸਾਚਾ ਕਰਹੁ ਬੀਚਾਰੁ ॥੧੯॥
(ਪ੍ਰਸ਼ਨ:) ਹੇ ਪੁਰਖਾ! ਤੂੰ ਆਪਣੀ ਜ਼ਿੰਦਗੀ ਕਿਸ ਤਰੀਕੇ ਨਾਲ ਪਲਟ ਲਈ ਹੈ? ਤੂੰ ਆਪਣਾ ਇਹ ਮਨ ਕਿਸ ਵਿਚ ਜੋੜਿਆ ਹੈ? ਮਨ ਦੀਆਂ ਆਸਾਂ ਤੇ ਮਨ ਦੇ ਫੁਰਨੇ ਤੂੰ ਕਿਵੇਂ ਮੁਕਾ ਲਏ ਹਨ? ਰੱਬੀ ਪ੍ਰਕਾਸ਼ ਤੈਨੂੰ ਇੱਕ-ਰਸ ਕਿਵੇਂ ਮਿਲ ਪਿਆ ਹੈ? (ਮਾਇਆ ਦੇ ਇਸ ਪ੍ਰਭਾਵ ਤੋਂ ਬਚਣਾ ਇਉਂ ਹੀ ਔਖਾ ਹੈ ਜਿਵੇਂ ਬਿਨਾ ਦੰਦਾਂ ਦੇ ਲੋਹਾ ਚੱਬਣਾ) ਦੰਦਾਂ ਤੋਂ ਬਿਨਾ ਲੋਹਾ ਕਿਵੇਂ ਚੱਬਿਆ ਜਾਏ? ਹੇ ਨਾਨਕ! ਕੋਈ ਸਹੀ ਵੀਚਾਰ ਦੱਸੋ (ਭਾਵ, ਕੋਈ ਐਸਾ ਵੀਚਾਰ ਦੱਸੋ ਜੋ ਅਸਾਡੇ ਮਨ ਲੱਗੇ ਜਾਏ) ।੧੯।
ਸਤਿਗੁਰ ਕੈ ਜਨਮੇ ਗਵਨੁ ਮਿਟਾਇਆ ॥
ਅਨਹਤਿ ਰਾਤੇ ਇਹੁ ਮਨੁ ਲਾਇਆ ॥
ਮਨਸਾ ਆਸਾ ਸਬਦਿ ਜਲਾਈ ॥
ਗੁਰਮੁਖਿ ਜੋਤਿ ਨਿਰੰਤਰਿ ਪਾਈ ॥
ਤ੍ਰੈ ਗੁਣ ਮੇਟੇ ਖਾਈਐ ਸਾਰੁ ॥
ਨਾਨਕ ਤਾਰੇ ਤਾਰਣਹਾਰੁ ॥੨੦॥
(ਉੱਤਰ:) ਜਿਉਂ ਜਿਉਂ ਸਤਿਗੁਰੂ ਦੀ ਸਿੱਖਿਆ ਤੇ ਤੁਰੇ, ਤਿਉਂ ਤਿਉਂ ਮਨ ਦੀ ਭਟਕਣਾ ਮੁੱਕਦੀ ਗਈ । ਜਿਉਂ ਜਿਉਂ ਇੱਕ-ਰਸ ਵਿਆਪਕ ਪ੍ਰਭੂ ਵਿਚ ਜੁੜਨ ਦਾ ਆਨੰਦ ਆਇਆ, ਤਿਉਂ ਤਿਉਂ ਇਹ ਮਨ ਪਰਚਦਾ ਗਿਆ । ਮਨ ਦੇ ਫੁਰਨੇ ਤੇ ਦੁਨੀਆ ਵਾਲੀਆਂ ਆਸਾਂ ਅਸਾਂ ਗੁਰੂ ਦੇ ਸ਼ਬਦ ਦੀ ਰਾਹੀਂ ਸਾੜੀਆਂ ਹਨ, ਗੁਰੂ ਦੇ ਸਨਮੁਖ ਹੋਇਆਂ ਹੀ ਇੱਕ-ਰਸ ਰੱਬੀ ਪ੍ਰਕਾਸ਼ ਲੱਭਾ ਹੈ । (ਇਸ ਰੱਬੀ ਪ੍ਰਕਾਸ਼ ਦੀ ਬਰਕਤ ਨਾਲ) ਅਸਾਂ ਮਾਇਆ ਦੇ ਝਲਕੇ ਦੇ ਤਿੰਨਾਂ ਹੀ ਕਿਸਮਾਂ ਦੇ ਅਸਰ (ਤਮੋ, ਰਜੋ, ਸਤੋ) ਆਪਣੇ ਉਤੇ ਪੈਣ ਨਹੀਂ ਦਿੱਤੇ, ਤੇ (ਇਸ ਤਰ੍ਹਾਂ ਮਾਇਆ ਦੀ ਚੋਟ ਤੋਂ ਬਚਣ ਦਾ ਇਹ ਅੱਤਿ ਔਖਾ ਕੰਮ-ਰੂਪ) ਲੋਹਾ ਚੱਬਿਆ ਗਿਆ ਹੈ । (ਪਰ) ਹੇ ਨਾਨਕ! (ਇਸ ‘ਦੁਤਰ ਸਾਗਰ’ ਤੋਂ) ਤਾਰਣ ਦੇ ਸਮਰੱਥ ਪ੍ਰਭੂ ਆਪ ਹੀ ਤਾਰਦਾ ਹੈ ।੨੦।